ਪੰਜਾਬ ਪੁਲਸ ਦੀ ਨੌਕਰੀ ਤੋਂ ਮੁਅੱਤਲ ਚੱਲ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਵਜੋਂ ਹੋਈ ਹੈ। ਪਰਿਵਾਰ ਬੇਹੋਸ਼ੀ ਦੀ ਹਾਲਤ ਵਿਚ ਜਸਕਰਨਜੀਤ ਨੂੰ ਹਸਪਤਾਲ ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਸਕਰਨ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਪਿਤਾ ਪੰਜਾਬ ਪੁਲਸ ਵਿੱਚ ਨੌਕਰੀ ਕਰਦੇ ਸਨ, ਜਦਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਜਸਕਰਨ ਨੂੰ ਪੁਲਸ ਦੀ ਨੌਕਰੀ ਮਿਲੀ ਸੀ। ਜਸਕਰਨ ਨੂੰ ਕਰੀਬ 8 ਮਹੀਨੇ ਪਹਿਲਾਂ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਉਦੋਂ ਤੋਂ ਹੀ ਉਹ ਡਿਪ੍ਰੈਸ਼ਨ 'ਚ ਰਹਿੰਦਾ ਸੀ।
ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਦੇਰ ਰਾਤ ਜਦੋਂ ਮਕਾਨ 'ਚ ਰਹਿੰਦੇ ਕਿਰਾਏਦਾਰਾਂ ਨੇ ਘਰ ਦੇ ਬਾਹਰ ਗਲੀ 'ਚ ਬਾਈਕ ਬਾਰੇ ਪੁੱਛਣ ਲਈ ਜਸਕਰਨ ਦਾ ਦਰਵਾਜ਼ਾ ਖੜ੍ਹਕਾਇਆ ਤਾਂ ਕੋਈ ਆਵਾਜ਼ ਨਹੀਂ ਆਈ। ਕਿਰਾਏਦਾਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਕਪੂਰਥਲਾ ਅਰਬਨ ਅਸਟੇਟ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਭੈਣ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।