ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਗਏ।
ਸ੍ਰੀ ਅੰਮ੍ਰਿਤਸਰ ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਨਿਸ਼ਾਨਚੀ ਅਤੇ ਨਗਰਚੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗੁਰੂ ਹਨ ਅਤੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਪਵਿੱਤਰ ਗੁਰਬਾਣੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਜੀਵਨ ਬਤੀਤ ਕਰਨ।
ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਆਪਣੇ ਹੱਥੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਕਲਨ ਕੀਤਾ ਅਤੇ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦਿਨ ਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਦੀ ਸੇਵਾ ਬਖਸ਼ਿਸ਼ ਕਰਕੇ ਗ੍ਰੰਥੀ ਪਰੰਪਰਾ ਦੀ ਸ਼ੁਰੂਆਤ ਕੀਤੀ।