ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ।
ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ।