ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੁਸਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ 'ਤੇ ਪਟਾਕੇ ਚਲਾਉਣ ਦਾ ਸਮਾਂ ਤੈਅ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਅਧਿਕਾਰਤ ਵਿਅਕਤੀ ਤੋਂ ਇਲਾਵਾ ਕੋਈ ਵੀ ਵਿਅਕਤੀ ਦੁਸਹਿਰਾ, ਦੀਵਾਲੀ ਅਤੇ ਗੁਰਪੁਰਬ ਮੌਕੇ 'ਤੇ ਆਮ ਤੌਰ 'ਤੇ ਵਰਤੇ ਜਾਂਦੇ ਪਟਾਕੇ ਜਾਂ ਹੋਰ ਵਿਸਫੋਟਕ ਸਮੱਗਰੀ ਨੂੰ ਸਟੋਰਜ, ਪ੍ਰਦਰਸ਼ਨ ਜਾਂ ਵੇਚ ਨਹੀਂ ਸਕੇਗਾ।
ਜਾਰੀ ਹੁਕਮਾਂ ਅਨੁਸਾਰ ਦੁਸਹਿਰੇ ਮੌਕੇ ਸ਼ਾਮ 6 ਵਜੇ ਤੋਂ ਲੈ ਕੇ 7 ਵਜੇ ਤੱਕ, ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਵੇਰੇ 4 ਤੋਂ ਲੈ ਕੇ 5 ਵਜੇ ਤੱਕ ਅਤੇ ਰਾਤ 9 ਤੋਂ ਲੈ ਕੇ ਰਾਤ 10 ਵਜੇ ਤੱਕ, ਕ੍ਰਿਸਮਸ ਅਤੇ ਨਵੇਂ ਸਾਲ ਦੀ ਰਾਤ ਵੇਲੇ 11:55 ਵਜੇ ਤੋਂ ਲੈ ਕੇ 12:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।