ਸੁਨਾਮ, (ਦਰਸ਼ਨ ਸਿੰਘ ਚੌਹਾਨ) : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੇ ਤੀਜੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਅਜਿਹੇ ਖੇਤਰੀ ਯੁਵਕ ਮੇਲੇ ਸਾਡੀ ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਸੇ ਨਾਲ ਜੋੜਦੇ ਹਨ। ਇਸ ਲਈ ਨੌਜਵਾਨਾਂ ਨੂੰ ਇਨ੍ਹਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਨੇ ਕਈ ਮਹਾਨ ਸ਼ਖ਼ਸੀਅਤਾਂ ਨੂੰ ਮੁਲਕ ਦੀ ਸੇਵਾ ਕਰਨ ਦੇ ਯੋਗ ਬਣਾਇਆ ਹੈ ਜਿਨ੍ਹਾਂ ਨੇ ਆਪਣੀ ਪੜ੍ਹਾਈ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੀ ਰਿਹਾ ਇਸੇ ਕਾਲਜ਼ ਦਾ ਵਿਦਿਆਰਥੀ
ਉਨ੍ਹਾਂ ਕਿਹਾ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਇਸੇ ਕਾਲਜ ਦੇ ਵਿਦਿਆਰਥੀ ਰਹੇ ਹਨ। ਇਸ ਤੋਂ ਇਲਾਵਾ ਕਈ ਮਹਾਨ ਖਿਡਾਰੀ ਅਤੇ ਹੋਰ ਸ਼ਖ਼ਸੀਅਤਾਂ ਦਾ ਇਸ ਕਾਲਜ ਵਿੱਚ ਯੋਗਦਾਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਹਾਨ ਸ਼ਹੀਦ ਊਧਮ ਸਿੰਘ ਦੇ ਮਹਾਨ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ, ਵਿਦਿਆਰਥੀਆਂ ਨੂੰ ਵੀ ਆਪੋ-ਆਪਣੇ ਖੇਤਰ ਵਿੱਚ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਦਾ ਅਸਲ ਮੁਕਾਮ ਹਾਸਲ ਕਰ ਸਕਣ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਟੀਮ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ਼ ਦੇ ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ, ਓ ਐਸ ਏ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭਰੂਰ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਕੰਵਲਜੀਤ ਸਿੰਘ ਢੀਂਡਸਾ, ਯੂਥ ਕੋਆਰਡੀਨੇਟਰ ਪ੍ਰੋ ਰਾਜਵੀਰ ਕੌਰ, ਪ੍ਰੋਫੈਸਰ ਮੁਖਤਿਆਰ ਸਿੰਘ, ਨਰਦੀਪ ਸਿੰਘ, ਗਗਨਦੀਪ ਸਿੰਘ, ਡਾਕਟਰ ਰਮਨਦੀਪ ਕੌਰ, ਡਾਕਟਰ ਮਨਪ੍ਰੀਤ ਕੌਰ ਹਾਂਡਾ, ਮੁਨੀਤਾ ਜੋਸ਼ੀ, ਚਮਕੌਰ ਸਿੰਘ, ਡਾਕਟਰ ਕੁਲਦੀਪ ਸਿੰਘ ਬਾਹੀਆ ਸਮੇਤ ਹੋਰ ਸਟਾਫ ਮੈਂਬਰ ਤੇ ਪਤਵੰਤੇ ਹਾਜਰ ਸਨ।