Friday, May 17, 2024

Chandigarh

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂ

November 20, 2023 03:00 PM
SehajTimes

ਕਿਸਾਨਾਂ ਨੂੰ ਜਨਤਕ ਹਿੱਤਾਂ ਅਤੇ ਵਾਤਾਵਰਣ ਸੰਭਾਲ ਲਈ ਝੋਨੇ ਦੀ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਚੰਡੀਗੜ੍ਹ :- 
ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ, ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਲਈ ਪਾਏ ਇਸ ਵਡਮੁੱਲੇ ਯੋਗਦਾਨ ਲਈ ਭਰਪੂਰ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾ ਸਕੇ।
ਸ. ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਸੂਬੇ ਭਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਵਿਧਾਨ ਸਭਾ ਵਿੱਚ ਵੀ ਉਨ੍ਹਾਂ ਦਾ ਮਾਣ ਕੀਤਾ ਜਾਵੇਗਾ। ਸਪੀਕਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ, ਉਹ ਵਾਤਾਵਰਣ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ, ਸਿਹਤ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਉਸਾਰੂ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਇਸ ਮਾਰੂ ਤੇ ਵਾਤਾਵਰਣ ਵਿਰੋਧੀ ਰਵਾਇਤ ਨੂੰ ਤਿਆਗਣ ਦਾ ਸਮਾਂ ਆ ਗਿਆ ਹੈ। ਸ. ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ ’ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ। ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ ’ਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ।

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ