Rain News : ਪ੍ਰਯਾਗਰਾਜ : ਉਤਰ ਪ੍ਰਦੇਸ਼ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲਿਆ ਹੈ। ਜਿਥੇ ਮੈਦਾਨੀ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ ਉਥੇ ਹੀ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ ਜਿਸ ਕਾਰਨ ਤਪਮਾਨ ਵਿੱਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ, ਪੰਜਾਬ ਸਣੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਪੱਛਮੀ ਉਤਰ ਪ੍ਰਦੇਸ਼ ਵਿੱਚ ਵੀ ਮੀਂਹ ਪੈ ਸਕਦਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਅਨੁਸਾਰ ਬੱਦਲਾਂ ਦੇ ਹਟਣ ਤੋਂ ਬਾਅਦ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ਅਤੇ ਧੁੰਦ ਵੀ ਰਹੇਗੀ। ਬੀਤੇ ਦਿਨ ਤੋਂ ਪ੍ਰਯਾਗਰਾਜ, ਕਾਨਪੁਰ, ਲਖਨਊ, ਇਟਾਵਾ ਅਤੇ ਚਿਤਰਕੁਟ ਸਣੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ।