Wednesday, September 17, 2025

Malwa

ਮਾਨ ਸਰਕਾਰ ਗੰਨੇ ਦਾ ਮਸਲਾ ਹੱਲ ਨਾ ਕੀਤਾ ਤਾਂ ਮੁੜ ਹੋਵੇਗਾ ਅੰਦੋਲਨ : ਜੋਗਿੰਦਰ ਉਗਰਾਹਾਂ

November 30, 2023 02:34 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਗੰਨੇ ਦੇ ਮਸਲੇ ਨੂੰ ਹੱਲ ਕਰਨ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਗੰਨੇ ਦੇ ਮੁੱਲ ਸਮੇਤ ਖੰਡ ਮਿੱਲਾਂ ਚਲਾਉਣ ਦਾ ਭਰੋਸਾ ਦਿੱਤਾ ਸੀ ਲੇਕਿਨ ਵਿਧਾਨ ਸਭਾ ਸੈਸ਼ਨ ਦੌਰਾਨ ਕਿਸਾਨਾਂ ਨਾਲ ਜੁੜੇ ਮਾਮਲੇ ਤੇ ਕੋਈ ਗੱਲ ਹੀ ਨਹੀਂ ਕੀਤੀ ਗਈ।
     ਵੀਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣਾ ਨਾਲੋਂ ਦੋ ਰੁਪਏ ਵੱਧ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕਰਨ ਅਤੇ ਬੰਦ ਪਈਆਂ ਖੰਡ ਮਿੱਲਾਂ ਨੂੰ ਚਲਾਉਣ ਲਈ ਕਿਹਾ ਸੀ ਪਰ ਵਿਧਾਨ ਸਭਾ ਸੈਸ਼ਨ ਵਿੱਚ ਕੋਈ ਚਰਚਾ ਨਹੀਂ ਹੋਈ। ਕਿਸਾਨ ਆਗੂ ਉਗਰਾਹਾਂ ਨੇ ਦੋ ਟੁੱਕ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਮੁੜ ਅੰਦੋਲਨ ਕਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਦੀ ਯੂਨੀਅਨ ਇਸ ਲਈ ਤਿਆਰ ਹੈ ਅਤੇ ਜਲਦੀ ਹੀ ਕਿਸਾਨ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰਨਗੇ।
     ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਕਹਿੰਦੇ ਸਨ ਕਿ ਉਹ ਧਰਨੇ ਵਰਗੇ ਹਾਲਾਤ ਪੈਦਾ ਨਹੀਂ ਹੋਣ ਦੇਣਗੇ। ਰੇਤਾ-ਬੱਜਰੀ ਦੀਆਂ ਕੀਮਤਾਂ 'ਤੇ ਕਾਬੂ ਪਾਇਆ ਜਾਵੇਗਾ ਅਤੇ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਵੀਆਈਪੀ ਕਲਚਰ ਖਤਮ ਹੋਵੇਗਾ ਪਰੰਤੂ ਅੱਜ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਦੇ ਨਾਲ ਦਰਜਨਾਂ ਵਾਹਨ ਅਤੇ ਸੁਰੱਖਿਆ ਦਸਤੇ ਚੱਲ ਰਹੇ ਹਨ। ਮੁੱਖ ਮੰਤਰੀ ਦਾ ਇਹ ਰਵੱਈਆ ਹਰ ਪੰਜਾਬੀ ਨੂੰ ਚੁਭ ਰਿਹਾ ਹੈ। ਉਨ੍ਹਾਂ ਦੀ ਕਰਨੀ ਅਤੇ ਕਹਿਣੀ ਵਿੱਚ ਜ਼ਮੀਨ ਅਸਮਾਨ ਤੋਂ ਵੀ ਵੱਡਾ ਫਰਕ ਹੈ।
     ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਹਰ ਕਦਮ 'ਤੇ ਨਜ਼ਰ ਰੱਖ ਰਹੇ ਹਨ। ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਲੋਕ ਆਪਣੀ ਤਾਕਤ ਦਿਖਾਉਣ ਵਿੱਚ ਦੇਰ ਨਹੀਂ ਕਰਦੇ। ਮੌਕਾ ਮਿਲਦੇ ਹੀ ਸਬਕ ਸਿਖਾ ਦਿੰਦੇ ਹਨ। ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਕੇਂਦਰ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਲੱਗ ਅਲੱਗ ਅੰਦੋਲਨ ਕਰੇਗੀ। ਇਸ ਦੇ ਲਈ ਛੇਤੀ ਹੀ ਸੰਘਰਸ਼ ਦਾ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਯੂਨੀਅਨ ਕਿਸਾਨੀ ਮਸਲਿਆਂ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਮਸਲਿਆਂ ਦੇ ਹੱਲ ਹੋਣ ਤੱਕ ਅੰਦੋਲਨ ਜਾਰੀ ਰੱਖਿਆ ਜਾਵੇਗਾ।

 

Have something to say? Post your comment