Saturday, May 18, 2024

Malwa

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

December 15, 2023 04:53 PM
SehajTimes

 

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾ ਰਹੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਨਾਲ ਸ਼ਹੀਦੀ ਸਭਾ ਸਬੰਧੀ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਸਰਕਾਰ ਵੱਲੋਂ ਪਹਿਲਾਂ ਹੀ ਦਸੰਬਰ ਮਹੀਨੇ ਦੌਰਾਨ ਕੋਈ ਸਰਕਾਰੀ ਸਮਾਗਮ ਨਾ ਕਰਵਾਉਣ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ। ਵਿਧਾਇਕ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਜੁਲਮ ਖਿਲਾਫ ਛੋਟੀ ਉਮਰ ਵਿੱਚ ਜੋ ਸ਼ਹਾਦਤ ਦਿੱਤੀ ਗਈ ਉਸ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਸ਼ਹੀਦੀ ਸਭਾ ਨੂੰ ਸੋਗਮਈ ਮਾਹੌਲ ਵਿੱਚ ਹੀ ਮਨਾਉਣਾ ਚਾਹੀਦਾ ਹੈ ਅਤੇ ਆਪਣੇ ਵਾਹਨਾਂ ਖਾਸ ਕਰਕੇ ਟਰੈਕਟਰ ਤੇ ਟਰਾਲੀਆਂ ਤੇ ਉੱਚੀ ਆਵਾਜ ਵਿੱਚ ਸਪੀਕਰ ਨਹੀਂ ਲਗਾਉਣੇ ਚਾਹੀਦੇ ਕਿਉਂਕਿ ਅਜਿਹਾ ਕਰਕੇ ਮਾਹੌਲ ਦੀ ਪਵਿੱਤਰਤਾ ਭੰਗ ਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ 7 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ 21 ਟਾਇਲਟ ਬਲਾਕ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ 16 ਟਾਇਲਟ ਬਲਾਕ ਸ਼ਹੀਦੀ ਸਭਾ ਤੋਂ ਪਹਿਲਾਂ ਮੁਕੰਮਲ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 21 ਟਾਇਲਟ ਬਲਾਕਾਂ ਵਿੱਚ 441 ਪਖਾਨੇ, 126 ਯੂਰੀਨਲ ਤੇ 126 ਹੀ ਵਾਸ਼ਬੇਸਨ ਅਤੇ 315 ਬਾਥਰੂਮ ਬਣਾਏ ਜਾ ਰਹੇ ਹਨ। ਉਨ੍ਹਾਂ ਸੰਗਤ ਅਤੇ ਮੀਡੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਪੂਰੀ ਧਾਰਮਿਕ ਮਰਿਆਦਾ ਅਨੁਸਾਰ ਸ਼ਹੀਦੀ ਸਭਾ ਵਿੱਚ ਸ਼ਾਮਲ ਹੋ ਕੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਨਤਮਸਤਕ ਹੋਇਆ ਜਾਵੇ।

 ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦੀ ਸਭਾ ਮੌਕੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਮੁਫਤ ਬੱਸਾਂ ਤੇ ਈ. ਰਿਕਸ਼ਾ ਚਲਾਏ ਜਾਣਗੇ ਅਤੇ ਪੁਲਿਸ ਵੱਲੋਂ 6 ਵਨ ਸਟਾਪ ਸੈਂਟਰ, ਸੂਚਨਾਂ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਜਿਥੋਂ ਕਿ ਸੰਗਤ ਨੂੰ ਮੁਫਤ ਮੈਡੀਕਲ ਸਹੂਲਤ ਤੇ ਪੁਲਿਸ ਸਹੂਲਤ ਵੀ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਆਮ ਖਾਸ ਬਾਗ ਵਿਖੇ 26 ਤੇ 27 ਦਸੰਬਰ ਨੂੰ ਇਤਿਹਾਸਕ ਨਾਟਕਾਂ ਦਾ ਮੰਚਨ ਕੀਤਾ ਜਾਵੇਗਾ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਠੇਕੇ 26 ਦਸੰਬਰ ਤੋਂ 28 ਦਸੰਬਰ ਰਾਤ 12.00 ਵਜੇ ਤੱਕ ਪੂਰਨ ਤੌਰ ਤੇ ਬੰਦ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਦੁਕਾਨਾਂ ਅੱਗੇ ਵੀ ਸਮਾਨ ਨਹੀਂ ਰੱਖਿਆ ਜਾ ਸਕੇਗਾ ਅਤੇ ਪ੍ਰਸ਼ਾਸ਼ਨ ਵੱਲੋਂ ਦੁਕਾਨਾਂ ਅੱਗੇ ਪੀਲੀ ਧਾਰੀ ਲਗਾਈ ਜਾਵੇਗੀ ਜਿਸ ਤੋਂ ਅੱਗੇ ਸਮਾਨ ਰੱਖਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦੇ ਪਾਸ ਜਾਰੀ ਨਹੀਂ ਕੀਤੇ ਜਾਣਗੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੱਕ ਆਉਂਦੀਆਂ ਸੜਕਾਂ ਦੇ ਆਲੇ ਦੁਆਲੇ ਆਰਜ਼ੀ ਦੁਕਾਨਾਂ ਨਹੀਂ ਲਗਾਈਆਂ ਜਾ ਸਕਣਗੀਆਂ ਅਤੇ ਲੰਗਰ ਵੀ ਸੜਕ ਤੋਂ ਪਿੱਛੇ ਹੱਟ ਕੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ ਦੀ ਸਾਫ ਸਫਾਈ ਤੇ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਇਹ ਕੰਮ ਸ਼ਹੀਦੀ ਸਭਾ ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਸਾਫ ਸਫਾਈ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਇਸ ਦੀ ਨਿਗਰਾਨੀ ਲਈ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਬਣਾਏ ਜਾਣ ਵਾਲੀਆਂ ਪਾਰਕਿੰਗ ਤੋਂ ਅੱਗੇ ਕਿਸੇ ਵੀ ਵਾਹਨ ਨੂੰ ਸ਼ਹੀਦੀ ਸਭਾ ਦੇ ਏਰੀਏ ਵਿੱਚ ਆਉਣ ਨਹੀਂ ਦਿੱਤਾ ਜਾਵੇਗਾ । ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਡੀਆ ਨੇ ਹਮੇਸ਼ਾਂ ਹੀ ਪ੍ਰਸ਼ਾਸ਼ਨ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਸਰਾਹਨਾਂ ਕੀਤੀ ਹੈ ਇਸ ਲਈ ਮੀਡੀਆ ਸ਼ਹੀਦੀ ਸਭਾ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਵਿੱਚ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਵੇ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪੈਦਲ ਚੱਲ ਕੇ ਹੀ ਨਤਮਸਤਕ ਹੋਣ ਲਈ ਗੁਰਦੁਆਰਾ ਸਾਹਿਬਾਨ ਵਿਖੇ ਪਹੁੰਚਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼੍ਰੀ ਗੁਰਸਤਿੰਦਰ ਸਿੰਘ ਜੱਲ੍ਹਾ, ਸ਼੍ਰੀ ਪਵੇਲ ਹਾਂਡਾ, , ਸ਼੍ਰੀ ਮਾਨਵ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ