Wednesday, September 17, 2025

Malwa

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ

December 29, 2023 04:20 PM
SehajTimes

ਫ਼ਤਹਿਗੜ੍ਹ ਸਾਹਿਬ : ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।

ਪੰਜਾਬ ਦੇ ਰਾਜਪਾਲ ਸ੍ਰੀ ਪੁਰੋਹਿਤ ਨੇ ਕਿਹਾ ਕਿ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ  ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਸ਼੍ਰੀ ਅਰਵਿੰਦ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment