Tuesday, September 16, 2025

Chandigarh

ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਵਿਭਾਗ ਦਾ ਵੱਖ-ਵੱਖ ਵਿਧਾਇਕਾਂ ਨਾਲ ਰਾਬਤਾ ਮੁਹਿੰਮ

January 11, 2024 02:22 PM
SehajTimes
ਚੰਡੀਗੜ੍ਹ :- ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸ. ਜੌੜਾਮਾਜਰਾ ਮੁਕਾਮੀ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਮੀਨੀ ਪੱਧਰ ਦੀ ਹਕੀਕਤ ਜਾਣ ਰਹੇ ਹਨ ਅਤੇ ਤੁਰੰਤ ਉਨ੍ਹਾਂ ਮੁਸ਼ਕਲਾਂ ਦਾ ਹੱਲ ਕਰ ਰਹੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਵਿਭਾਗ ਦਾ ਕਾਰਜਭਾਰ ਸਾਂਭਣ ਤੋਂ ਬਾਅਦ ਪਿਛਲੇ ਦਿਨਾਂ ਤੋਂ ਪਟਿਆਲਾ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਹੈ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ,  ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ। 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਨਿਰੰਤਰ ਉਪਰਾਲੇ ਕਰ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਇਸ ਗੰਭੀਰ ਮੁੱਦੇ ਉਤੇ ਟਾਲਾ ਵਟਦੀਆਂ ਰਹੀਆਂ ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਹਿਰੀ ਢਾਂਚੇ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰੇਗੀ। ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਹਨ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਹੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਈ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਲੂ ਵਿੱਤੀ ਵਰ੍ਹੇ ਦੌਰਾਨ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋੜਨ ਦਾ ਵੀ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਜਲ ਸਰੋਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਵੀ ਖਾਲੀ ਕਰਵਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਮੰਤਰੀ ਨੇ ਦੱਸਿਆ ਕਿ ਨਾਲਿਆਂ ਅਤੇ ਖਾਲਿਆਂ ਦੀ ਸਫ਼ਾਈ ਲਈ ਸਰਕਾਰ ਨੇ 10 ਵੱਡੀਆਂ ਮਸ਼ੀਨਾਂ ਦੀ ਖ਼ਰੀਦ ਕੀਤੀ ਹੈ ਜਿਸ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦੀ ਜਾਵੇਗੀ।  ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਖਾਲਿਆਂ ਤੇ ਡਰੇਨਾਂ ਦੀ ਸਫ਼ਾਈ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ