ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕਰਨ ਵਾਲਾ ਵਿਅਕਤੀ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਖ਼ੁਫ਼ੀਆ ਏਜੰਸੀਆਂ ਦੇ ਰਡਾਰ ਰਿਹਾ ਹੈ। ਨਰਾਇਣ ਸਿੰਘ ਚੌੜਾ ’ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਪਹਿਲਾਂ ਤੋਂ ਹੀ ਨਜ਼ਰ ਰੱਖ ਰਹੀ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।